ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਪ੍ਰੈਸ ਰਿਲੀਜ਼
ਹੁਸ਼ਿਆਰਪੁਰ, 27 ਜੁਲਾਈ:
ਜ਼ਿਲਾ ਪ੍ਰਸ਼ਾਸ਼ਨ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਤੋਂ ਇਲਾਵਾ ਬਰਸਾਤਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜਿਥੇ ਸਿਹਤ ਵਿਭਾਗ ਨੂੰ ਟੀਮਾਂ ਗਠਿਤ ਕਰਨ ਦੀ ਹਦਾਇਤ ਕੀਤੀ ਗਈ ਹੈ, ਉਥੇ ਜ਼ਿਲਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸਹਾਇਕ ਕਮਿਸ਼ਨ (ਜ) ਸ੍ਰੀ ਰਣਦੀਪ ਸਿੰਘ ਹੀਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਖਾਸ ਤੌਰ ‘ਤੇ ਉਸ ਪ੍ਰਭਾਵਿਤ ਇਲਾਕਿਆਂ ‘ਤੇ ਫੋਕਸ ਕੀਤਾ ਜਾ ਰਿਹਾ ਹੈ, ਜਿਥੇ ਪਿਛਲੇ ਸਾਲ ਡੇਂਗੂ ਦੇ ਕੇਸ ਸਾਹਮਣੇ ਆਏ ਸਨ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਵਿੱਚ ਦੋ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ, ਜਿਨਾਂ ਵਿੱਚ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸ਼ਾਮਲ ਹੁੰਦੀਆਂ ਹਨ। ਉਹਨਾਂ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਪੀਲੀਆ, ਟਾਈਫਾਈਡ, ਪੇਚਿਸ਼ ਆਦਿ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਿਆ ਜਾਵੇ ਅਤੇ ਪਾਣੀ ਉਬਾਲ ਕੇ ਹੀ ਪੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆਂ, ਡੇਂਗੂ ਅਤੇ ਚਿਕਨਗੁਨੀਆ ਆਦਿ ਸ਼ਾਮਿਲ ਹੁੰਦੀਆਂ ਹਨ। ਉਹਨਾਂ ਦੱਸਿਆ ਕਿ ਇਨਾਂ ਬਿਮਾਰੀਆਂ ਦੀ ਵਧੇਰੇ ਜਾਣਕਾਰੀ ਲਈ ਸਿਹਤ ਕੇਂਦਰਾਂ ਤੋਂ ਇਲਾਵਾ ਗੂਗਲ ਪਲੇਅ ਸਟੋਰ ‘ਤੇ ਮੁਫ਼ਤ ‘ਡੇਂਗੂ ਫਰੀ ਪੰਜਾਬ’ ਐਪ ਡਾਊਨਲੋਡ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਸਪੋਟਿਵ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ। ਉਹਨਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾਂ ਡੇਂਗੂ ਦੇ ਮੁੱਖ ਲੱਛਣ ਹਨ। ਉਹਨਾਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ, ਤੋਂ ਇਲਾਵਾ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਦੇ ਲੱਛਣ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਹਨਾਂ ਦੱਸਿਆ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਟੁਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਉਹਨਾਂ ਦੱਸਿਆ ਕਿ ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਣੀਆਂ ਚਾਹੀਦੀਆਂ ਹਨ, ਜਦਕਿ ਬੁਖਾਰ ਹੋਣ ‘ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ, ਬਲਕਿ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਰਾਤ ਅਤੇ ਤੜਕਸਾਰ ਕੱਟਦੇ ਹਨ ਅਤੇ ਇਹ ਮੱਛਰ ਖੜਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸਰਕਾਰੀ ਮੁਲਾਜਮ ਅਤੇ ਆਮ ਜਨਤਾ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ। ਇਸ ਦਿਨ ਸਰਕਾਰੀ ਦਫਤਰਾਂ, ਘਰਾਂ ਦੇ ਕੂਲਰ, ਫਰਿਜ਼ ਦੀਆਂ ਟਰੇਆਂ, ਪੰਛੀਆਂ ਵਾਸਤੇ ਪੀਣ ਵਾਲੇ ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।